ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ |
![]() |
![]() |
![]() |
![]() |
![]() |
Page 453 ਸਰਸਿਅੜੇ ਸਰਸਿਅੜੇ ਮੇਰੇ ਭਾਈ ਸਭ ਮੀਤਾ ਰਾਮ ॥ ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ ਜੀਤਾ ਰਾਮ ॥ ਗੁਰ ਮਿਲਿ ਜੀਤਾ ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ ॥ ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥ ਸੋਈ ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ ॥ ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥੪॥੧॥ {ਪੰਨਾ 453} ਪਦ ਅਰਥ: ਸਰਸਿਅੜੇ = ਸ-ਰਸ ਹੋ ਗਏ ਹਨ, ਆਨੰਦ-ਪੂਰਨ ਹੋ ਗਏ ਹਨ। ਮੇਰੇ ਭਾਈ ਮੀਤਾ = ਮੇਰੇ ਮਿੱਤਰ ਮੇਰੇ ਭਰਾ, ਮੇਰੇ ਸਾਰੇ ਗਿਆਨ-ਇੰਦ੍ਰੇ। ਬਿਖਮੋ ਬਿਖਮੁ = ਬਿਖਮ ਹੀ ਬਿਖਮ, ਬਹੁਤ ਔਖਾ। ਅਖਾੜਾ = ਸੰਸਾਰ-ਅਖਾੜਾ ਜਿਥੇ ਕਾਮਾਦਿਕ ਵਿਕਾਰਾਂ ਨਾਲ ਸਦਾ ਘੋਲ ਹੋ ਰਿਹਾ ਹੈ। ਗੁਰੂ ਮਿਲਿ = ਗੁਰੂ ਨੂੰ ਮਿਲ ਕੇ। ਭੀਤਾ = ਕੰਧ, ਭੀਤ। ਭਰਮ ਗੜਾ = ਭਰਮ ਦੇ ਕਿਲ੍ਹੇ ਦੀ। ਸਾਣਥ = ਸਹਾਇਤਾ ਲਈ। ਸੁਗਿਆਨਾ = ਗਿਆਨ ਵਾਲਾ। ਪਰਧਾਨਾ = ਮੰਨਿਆ-ਪ੍ਰਮੰਨਿਆ। ਜੋ = ਜਿਸ ਨੂੰ। ਪ੍ਰਭਿ = ਪ੍ਰਭੂ ਨੇ। ਜਾਂ = ਜਦੋਂ। ਵਲਿ = ਪੱਖ ਤੇ।।4। ਅਰਥ: ਹੇ ਭਾਈ! ਗੁਰੂ ਨੂੰ ਮਿਲ ਕੇ ਮੈਂ ਇਹ ਬੜਾ ਔਖਾ ਸੰਸਾਰ-ਅਖਾੜਾ ਜਿੱਤ ਲਿਆ ਹੈ, ਹੁਣ ਮੇਰੇ ਸਾਰੇ ਮਿੱਤਰ ਭਰਾ (ਸਾਰੇ ਗਿਆਨ-ਇੰਦ੍ਰੇ) ਆਨੰਦ-ਪੂਰਤਿ ਹੋ ਰਹੇ ਹਨ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਮੈਂ ਸੰਸਾਰ-ਅਖਾੜਾ ਜਿੱਤਿਆ ਹੈ (ਗੁਰੂ ਦੀ ਕਿਰਪਾ ਨਾਲ) ਮੈਂ ਸਦਾ ਪਰਮਾਤਮਾ ਦਾ ਸਿਮਰਨ ਕਰਦਾ ਹਾਂ (ਮੈਂ ਪਹਿਲਾਂ ਮਾਇਆ ਦੀ ਭਟਕਣਾ ਦੇ ਕਿਲ੍ਹੇ ਵਿਚ ਕੈਦ ਸਾਂ, ਹੁਣ ਉਹ) ਭਟਕਣਾ ਦੇ ਕਿਲ੍ਹੇ ਦੀ ਕੰਧ ਢਹਿ ਪਈ ਹੈ। ਮੈਂ ਹਰਿ-ਨਾਮ ਦਾ ਖ਼ਜ਼ਾਨਾ ਲੱਭ ਲਿਆ ਹੈ, ਇਕ ਵੱਡਾ ਖ਼ਜ਼ਾਨਾ ਲੱਭ ਲਿਆ ਹੈ, ਮੇਰੀ ਸਹਾਇਤਾ ਉਤੇ ਪ੍ਰਭੂ ਆਪ (ਮੇਰੇ ਸਿਰ ਉਤੇ) ਆ ਖਲੋਤਾ ਹੈ। ਹੇ ਭਾਈ! ਉਹੀ ਮਨੁੱਖ ਚੰਗੀ ਸੂਝ ਵਾਲਾ ਹੈ ਉਹੀ ਮਨੁੱਖ ਹਰ ਥਾਂ ਮੰਨਿਆ-ਪ੍ਰਮੰਨਿਆ ਹੋਇਆ ਹੈ ਜਿਸ ਨੂੰ ਪ੍ਰਭੂ ਨੇ ਆਪਣਾ (ਸੇਵਕ) ਬਣਾ ਲਿਆ ਹੈ। ਹੇ ਨਾਨਕ! ਜਦੋਂ ਖਸਮ-ਪ੍ਰਭੂ ਪੱਖ ਤੇ ਹੋਵੇ ਤਾਂ ਸਾਰੇ ਮਿੱਤਰ ਭਰਾ ਭੀ ਖ਼ੁਸ਼ ਹੋ ਜਾਂਦੇ ਹਨ।4।1। ਆਸਾ ਮਹਲਾ ੫ ॥ ਅਕਥਾ ਹਰਿ ਅਕਥ ਕਥਾ ਕਿਛੁ ਜਾਇ ਨ ਜਾਣੀ ਰਾਮ ॥ ਸੁਰਿ ਨਰ ਸੁਰਿ ਨਰ ਮੁਨਿ ਜਨ ਸਹਜਿ ਵਖਾਣੀ ਰਾਮ ॥ ਸਹਜੇ ਵਖਾਣੀ ਅਮਿਉ ਬਾਣੀ ਚਰਣ ਕਮਲ ਰੰਗੁ ਲਾਇਆ ॥ ਜਪਿ ਏਕੁ ਅਲਖੁ ਪ੍ਰਭੁ ਨਿਰੰਜਨੁ ਮਨ ਚਿੰਦਿਆ ਫਲੁ ਪਾਇਆ ॥ ਤਜਿ ਮਾਨੁ ਮੋਹੁ ਵਿਕਾਰੁ ਦੂਜਾ ਜੋਤੀ ਜੋਤਿ ਸਮਾਣੀ ॥ ਬਿਨਵੰਤਿ ਨਾਨਕ ਗੁਰ ਪ੍ਰਸਾਦੀ ਸਦਾ ਹਰਿ ਰੰਗੁ ਮਾਣੀ ॥੧॥ {ਪੰਨਾ 453} ਪਦ ਅਰਥ: ਅਕਥਾ = ਜੋ ਬਿਆਨ ਨਾਹ ਕੀਤਾ ਜਾ ਸਕੇ। ਕਥਾ = ਸਿਫ਼ਤਿ-ਸਾਲਾਹ। ਸੁਰਿਨਰ = ਦੈਵੀ ਗੁਣ ਵਾਲੇ ਬੰਦੇ। ਮੁਨਿਜਨ = ਸ਼ਾਂਤ-ਚਿੱਤ ਰਹਿਣ ਵਾਲੇ ਮਨੁੱਖ। ਸਹਜਿ = ਆਤਮਕ ਅਡੋਲਤਾ ਵਿਚ। ਅਮਿਉ ਬਾਣੀ = ਅੰਮ੍ਰਿਤ ਬਾਣੀ, ਆਤਮਕ ਜੀਵਨ ਦੇਣ ਵਾਲੀ ਗੁਰਬਾਣੀ ਦੀ ਰਾਹੀਂ। ਰੰਗੁ = ਪਿਆਰ। ਜਪਿ = ਜਪ ਕੇ। ਅਲਖੁ = ਅਦ੍ਰਿਸ਼ਟ। ਨਿਰੰਜਨੁ = ਨਿਰਲੇਪ। ਚਿੰਦਿਆ = ਚਿਤਵਿਆ। ਤਜਿ = ਤਜ ਕੇ। ਦੂਜਾ = ਮਾਇਆ ਦਾ ਪਿਆਰ। ਗੁਰ ਪ੍ਰਸਾਦੀ = ਗੁਰੂ ਦੀ ਕਿਰਪਾ ਨਾਲ। ਰੰਗੁ = ਆਨੰਦ।1। ਅਰਥ: ਹੇ ਭਾਈ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੀ ਹਉਮੈ ਚਤੁਰਾਈ ਦੇ ਆਧਾਰ ਤੇ) ਨਹੀਂ ਕੀਤੀ ਜਾ ਸਕਦੀ, (ਸਿਆਣਪ-ਚਤੁਰਾਈ ਦੇ ਆਸਰੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਜਾਣ-ਪਛਾਣ ਨਹੀਂ ਪਾਈ ਜਾ ਸਕਦੀ। ਦੈਵੀ ਸੁਭਾਵ ਵਾਲੇ ਸ਼ਾਂਤ-ਚਿੱਤ ਰਹਿਣ ਵਾਲੇ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਹੀ ਸਿਫ਼ਤਿ-ਸਾਲਾਹ ਕਰਦੇ ਹਨ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਤਮਕ ਜੀਵਨ ਦੇਣ ਵਾਲੀ ਗੁਰਬਾਣੀ ਦੀ ਬਰਕਤਿ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਉਹਨਾਂ ਨੇ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਨਾਲ ਪਿਆਰ ਪਾ ਲਿਆ, ਉਸ ਇੱਕ ਅਦ੍ਰਿਸ਼ਟ ਤੇ ਨਿਰਲੇਪ ਪ੍ਰਭੂ ਨੂੰ ਸਿਮਰ ਕੇ ਉਹਨਾਂ ਨੇ ਮਨ-ਚਿਤਵਿਆ ਫਲ ਪ੍ਰਾਪਤ ਕਰ ਲਿਆ। ਨਾਨਕ ਬੇਨਤੀ ਕਰਦਾ ਹੈ– (ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਅੰਦਰੋਂ) ਅਹੰਕਾਰ ਮੋਹ ਵਿਕਾਰ ਮਾਇਆ ਦਾ ਪਿਆਰ ਦੂਰ ਕਰ ਕੇ ਆਪਣੀ ਸੁਰਤਿ ਰੱਬੀ ਨੂਰ ਵਿਚ ਜੋੜ ਲਈ, ਉਹ ਗੁਰੂ ਦੀ ਕਿਰਪਾ ਨਾਲ ਸਦਾ ਪ੍ਰਭੂ-ਮਿਲਾਪ ਦਾ ਆਨੰਦ ਮਾਣਦੇ ਹਨ।1। ਹਰਿ ਸੰਤਾ ਹਰਿ ਸੰਤ ਸਜਨ ਮੇਰੇ ਮੀਤ ਸਹਾਈ ਰਾਮ ॥ ਵਡਭਾਗੀ ਵਡਭਾਗੀ ਸਤਸੰਗਤਿ ਪਾਈ ਰਾਮ ॥ ਵਡਭਾਗੀ ਪਾਏ ਨਾਮੁ ਧਿਆਏ ਲਾਥੇ ਦੂਖ ਸੰਤਾਪੈ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਆਪੁ ਮਿਟਾਇਆ ਆਪੈ ॥ ਕਰਿ ਕਿਰਪਾ ਮੇਲੇ ਪ੍ਰਭਿ ਅਪੁਨੈ ਵਿਛੁੜਿ ਕਤਹਿ ਨ ਜਾਈ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਦਾ ਹਰਿ ਸਰਣਾਈ ॥੨॥ {ਪੰਨਾ 453} ਪਦ ਅਰਥ: ਸਹਾਈ = ਸਾਥੀ, ਸਹਾਇਤਾ ਕਰਨ ਵਾਲੇ। ਸੰਤਾਪ = ਦੁੱਖ-ਕਲੇਸ਼, ਮਾਨਸਕ ਦੁੱਖ। ਭ੍ਰਮ = ਭਟਕਣਾ। ਭਉ = ਡਰ-ਸਹਮ। ਆਪੁ = ਆਪਾ-ਭਾਵ। ਪ੍ਰਭਿ = ਪ੍ਰਭੂ ਨੇ। ਕਤਹਿ = ਕਿਤੇ ਭੀ।2। ਅਰਥ: ਹੇ ਭਾਈ! ਪਰਮਾਤਮਾ ਦੇ ਸੰਤ ਜਨ ਮੇਰੇ ਮਿੱਤਰ ਹਨ ਮੇਰੇ ਸੱਜਣ ਹਨ ਮੇਰੇ ਸਾਥੀ ਹਨ। ਉਹਨਾਂ ਦੀ ਸੰਗਤਿ ਮੈਂ ਵੱਡੇ ਭਾਗਾਂ ਨਾਲ ਬੜੀ ਉੱਚੀ ਕਿਸਮਤ ਨਾਲ ਪ੍ਰਾਪਤ ਕੀਤੀ ਹੈ। ਜੇਹੜਾ ਮਨੁੱਖ ਸੰਤ ਜਨਾਂ ਦੀ ਸੰਗਤਿ ਖ਼ੁਸ਼-ਕਿਸਮਤੀ ਨਾਲ ਹਾਸਲ ਕਰ ਲੈਂਦਾ ਹੈ ਉਹ (ਸਦਾ) ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਸਾਰੇ ਦੁੱਖ ਉਸ ਦੇ ਸਾਰੇ ਕਲੇਸ਼ ਮੁੱਕ ਜਾਂਦੇ ਹਨ। ਹੇ ਭਾਈ! ਜੇਹੜਾ ਬੰਦਾ ਸਤਿਗੁਰੂ ਦੀ ਚਰਨੀਂ ਲੱਗਦਾ ਹੈ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਹਰੇਕ ਡਰ-ਸਹਮ ਖ਼ਤਮ ਹੋ ਜਾਂਦਾ ਹੈ, ਉਹ ਆਪਣੇ ਅੰਦਰੋਂ ਆਪਾ-ਭਾਵ (ਅਹੰਕਾਰ) ਦੂਰ ਕਰ ਲੈਂਦਾ ਹੈ। ਜਿਸ ਮਨੁੱਖ ਨੂੰ ਪਿਆਰੇ ਪ੍ਰਭੂ ਨੇ ਮੇਹਰ ਕਰ ਕੇ ਆਪਣੇ ਚਰਨਾਂ ਵਿਚ ਜੋੜ ਲਿਆ, ਉਹ ਪ੍ਰਭੂ ਤੋਂ ਵਿਛੁੜ ਕੇ ਹੋਰ ਕਿਧਰੇ ਭੀ ਨਹੀਂ ਜਾਂਦਾ। ਨਾਨਕ ਬੇਨਤੀ ਕਰਦਾ ਹੈ– ਹੇ ਹਰੀ! ਮੈਂ ਤੇਰਾ ਦਾਸ ਹਾਂ, ਮੈਨੂੰ ਭੀ ਆਪਣੀ ਸਰਨ ਵਿਚ ਰੱਖ।2। ਹਰਿ ਦਰੇ ਹਰਿ ਦਰਿ ਸੋਹਨਿ ਤੇਰੇ ਭਗਤ ਪਿਆਰੇ ਰਾਮ ॥ ਵਾਰੀ ਤਿਨ ਵਾਰੀ ਜਾਵਾ ਸਦ ਬਲਿਹਾਰੇ ਰਾਮ ॥ ਸਦ ਬਲਿਹਾਰੇ ਕਰਿ ਨਮਸਕਾਰੇ ਜਿਨ ਭੇਟਤ ਪ੍ਰਭੁ ਜਾਤਾ ॥ ਘਟਿ ਘਟਿ ਰਵਿ ਰਹਿਆ ਸਭ ਥਾਈ ਪੂਰਨ ਪੁਰਖੁ ਬਿਧਾਤਾ ॥ ਗੁਰੁ ਪੂਰਾ ਪਾਇਆ ਨਾਮੁ ਧਿਆਇਆ ਜੂਐ ਜਨਮੁ ਨ ਹਾਰੇ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਾਖੁ ਕਿਰਪਾ ਧਾਰੇ ॥੩॥ {ਪੰਨਾ 453} ਪਦ ਅਰਥ: ਦਰੇ = ਦਰਿ, ਦਰ ਤੇ। ਵਾਰੀ = ਕੁਰਬਾਨ। ਜਾਵਾ = ਜਾਵਾਂ, ਮੈਂ ਜਾਂਦਾ ਹਾਂ। ਸਦ = ਸਦਾ। ਕਰਿ = ਕਰ ਕੇ। ਭੇਟਤ = ਮਿਲਿਆਂ। ਜਾਤਾ = ਜਾਣ ਲਿਆ, ਡੂੰਘੀ ਸਾਂਝ ਪਾ ਲਈ। ਘਟਿ ਘਟਿ = ਹਰੇਕ ਸਰੀਰ ਵਿਚ। ਬਿਧਾਤਾ = ਸਿਰਜਣਹਾਰ। ਜੂਐ = ਜੂਏ ਵਿਚ।3। ਅਰਥ: ਹੇ ਹਰੀ! ਤੇਰੇ ਦਰ ਤੇ, ਤੇਰੇ ਬੂਹੇ ਤੇ (ਖਲੋਤੇ) ਤੇਰੇ ਪਿਆਰੇ ਭਗਤ ਸੋਹਣੇ ਲੱਗ ਰਹੇ ਹਨ। ਮੈਂ (ਤੇਰੇ) ਉਹਨਾਂ (ਭਗਤਾਂ) ਤੋਂ ਵਾਰਨੇ ਜਾਂਦਾ ਹਾਂ, ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। (ਹੇ ਭਾਈ!) ਮੈਂ ਉਹਨਾਂ ਭਗਤਾਂ ਅੱਗੇ ਸਿਰ ਨਿਵਾ ਕੇ ਸਦਾ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੂੰ ਮਿਲਿਆਂ ਪਰਮਾਤਮਾ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ (ਤੇ ਇਹ ਸਮਝ ਆ ਜਾਂਦੀ ਹੈ ਕਿ) ਸਰਬ-ਵਿਆਪਕ ਸਿਰਜਣਹਾਰ ਹਰੇਕ ਸਰੀਰ ਵਿਚ ਹਰ ਥਾਂ ਮੌਜੂਦ ਹੈ। ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਪਰਮਾਤਮਾ ਦਾ ਨਾਮ ਸਿਮਰਦਾ ਹੈ ਉਹ (ਜੁਆਰੀਏ ਵਾਂਗ) ਜੂਏ ਵਿਚ (ਮਨੁੱਖਾ) ਜਨਮ (ਦੀ ਬਾਜ਼ੀ) ਨਹੀਂ ਹਾਰਦਾ। ਨਾਨਕ ਬੇਨਤੀ ਕਰਦਾ ਹੈ– ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਕਿਰਪਾ ਕਰ ਕੇ (ਮੈਨੂੰ ਭੀ ਜੂਏ ਵਿਚ ਜੀਵਨ-ਬਾਜ਼ੀ ਹਾਰਨ ਤੋਂ) ਬਚਾ ਲੈ।3। ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ॥ ਤੇਰੇ ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥ ਹਰਿ ਧੂੜੀ ਨ੍ਹ੍ਹਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥ ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥ ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥ ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥੨॥ {ਪੰਨਾ 453} ਪਦ ਅਰਥ: ਕੇਤਕ = ਕਿਤਨੇ ਕੁ? ਗਾਵਾ = ਗਾਵਾਂ, ਮੈਂ ਗਾ ਸਦਕਾ ਹਾਂ। ਪਾਵਾ = ਪਾਵਾਂ, ਹਾਸਲ ਕਰਾਂ। ਨ੍ਹ੍ਹਾਈਐ = ਇਸ਼ਨਾਨ ਕਰਨਾ ਚਾਹੀਦਾ ਹੈ। ਗਵਾਈਐ = ਦੂਰ ਕਰ ਲਈਦੀ ਹੈ। ਹਦੂਰੇ = ਅੰਗ-ਸੰਗ। ਸਾਥੇ = ਸਾਥਿ, ਨਾਲ। ਕਲਿਆਣ = ਸੁਖ ਆਨੰਦ। ਬਹੁੜਿ = ਮੁੜ, ਫਿਰ। ਤਰੀਐ = ਤਰ ਜਾਈਦਾ ਹੈ। ਪ੍ਰਭ ਭਾਵਾ = ਪ੍ਰਭ ਭਾਵਾਂ, ਪ੍ਰਭੂ ਨੂੰ ਚੰਗਾ ਲੱਗ ਪਵਾਂ।4। ਅਰਥ: ਹੇ ਪ੍ਰਭੂ! ਤੇਰੇ ਬੇਅੰਤ ਗੁਣ ਹਨ, ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ। ਮੈਂ ਤੇਰੇ ਕਿਤਨੇ ਕੁ ਗੁਣ ਗਾ ਸਕਦਾ ਹਾਂ? ਹੇ ਪ੍ਰਭੂ! ਜੇ ਮੇਰੇ ਵੱਡੇ ਭਾਗ ਹੋਣ ਤਾਂ ਹੀ ਤੇਰੇ ਚਰਨਾਂ ਦੀ ਤੇਰੇ (ਸੋਹਣੇ) ਚਰਨਾਂ ਦੀ ਧੂੜ ਮੈਨੂੰ ਮਿਲ ਸਕਦੀ ਹੈ। ਹੇ ਭਾਈ! ਪ੍ਰਭੂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਕਰਨਾ ਚਾਹੀਦਾ ਹੈ (ਇਸ ਤਰ੍ਹਾਂ ਮਨ ਵਿਚੋਂ ਵਿਕਾਰਾਂ) ਦੀ ਮੈਲ ਦੂਰ ਹੋ ਜਾਂਦੀ ਹੈ, ਤੇ, ਜਨਮ ਮਰਨ ਦੇ (ਸਾਰੀ ਉਮਰ ਦੇ) ਦੁੱਖ ਲਹਿ ਜਾਂਦੇ ਹਨ (ਇਹ ਨਿਸ਼ਚਾ ਭੀ ਆ ਜਾਂਦਾ ਹੈ ਕਿ) ਪਰਮੇਸਰ ਪ੍ਰਭੂ ਸਾਡੇ ਅੰਦਰ ਅਤੇ ਬਾਹਰ ਸਾਰੇ ਸੰਸਾਰ ਵਿਚ ਸਦਾ ਸਾਡੇ ਅੰਗ-ਸੰਗ ਵੱਸਦਾ ਹੈ ਸਾਡੇ ਨਾਲ ਵੱਸਦਾ ਹੈ। (ਹੇ ਭਾਈ! ਜੇਹੜਾ ਮਨੁੱਖ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ ਉਸ ਦੇ ਅੰਦਰ ਸੁਖ-ਆਨੰਦ ਬਣ ਜਾਂਦੇ ਹਨ ਉਸ ਦੇ ਦੁੱਖ ਮਿਟ ਜਾਂਦੇ ਹਨ, ਉਹ ਮੁੜ ਜੂਨਾਂ ਵਿਚ ਨਹੀਂ ਪੈਂਦਾ। ਨਾਨਕ ਬੇਨਤੀ ਕਰਦਾ ਹੈ– ਗੁਰੂ ਦੀ ਸਰਨ ਪਿਆਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ। (ਜੇ ਮੈਨੂੰ ਭੀ ਗੁਰੂ ਮਿਲ ਪਏ ਤਾਂ ਮੈਂ ਭੀ) ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪਵਾਂ।4।2। ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ {ਪੰਨਾ 453-454} ਪਦ ਅਰਥ: ਬੇਧਿਆ = ਵਿੱਝ ਗਿਆ। ਕਿਛੁ ਆਨ = ਹੋਰ ਕੋਈ ਭੀ ਚੀਜ਼। ਮਿਲਿ = ਮਿਲ ਕੇ। ਘਟਿ ਘਟੇ = ਹਰੇਕ ਘਟ (ਸਰੀਰ) ਵਿਚ। ਅੰਮ੍ਰਿਤੋੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ {ਲਫ਼ਜ਼ 'ਅੰਮ੍ਰਿਤੁ' ਹੈ, ਇਥੇ 'ਅੰਮ੍ਰਿਤੋ' ਪੜ੍ਹਨਾ ਹੈ}। ਵੂਠਾ = ਆ ਵੱਸਿਆ। ਨਾਠੇ = ਨੱਠ ਗਏ। ਨਿਧਿ = ਖ਼ਜ਼ਾਨਾ। ਗਾਠੇ = ਗੰਢ। ਸਹਜ ਸੁਭਾਈ = ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ। ਮਨਿ = ਮਨ ਵਿਚ। ਬੇਧੇ = ਵਿੱਝ ਜਾਣ ਨਾਲ।1। ਅਰਥ: (ਹੇ ਭਾਈ! ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ। ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ) । ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ।1। |
![]() |
![]() |
![]() |
![]() |
Sri Guru Granth Darpan, by Professor Sahib Singh |